ਪੈਦਾਇਸ਼
ਕਾਂਡ 37
1 ਯਾਕੂਬ ਕਨਾਨ ਦੀ ਧਰਤੀ ਵਿੱਚ ਠਹਿਰ ਗਿਆ ਅਤੇ ਰਹਿਣ ਲੱਗਾ। ਇਹ ਓਹੀ ਧਰਤੀ ਹੈ ਜਿਥੇ ਉਸਦਾ ਪਿਤਾ ਰਹਿੰਦਾ ਸੀ।
2 ਯਾਕੂਬ ਦੇ ਪਰਿਵਾਰ ਦੀ ਕਹਾਣੀ ਇਸ ਪ੍ਰਕਾਰ ਹੈ।ਯੂਸੁਫ਼ 17 ਵਰ੍ਹਿਆਂ ਦਾ ਨੌਜਵਾਨ ਸੀ। ਉਸਦਾ ਕਿੱਤਾ ਭੇਡਾਂ ਅਤੇ ਬੱਕਰੀਆਂ ਚਾਰਨਾ ਸੀ। ਯੂਸੁਫ਼ ਨੇ ਇਹ ਕੰਮ ਆਪਣੇ ਭਰਾਵਾਂ ਨਾਲ ਮਿਲਕੇ ਕੀਤਾ; ਜਿਹੜੇ ਬਿਲਹਾਹ ਅਤੇ ਜ਼ਿਲਪਾਹ ਦੇ ਪੁੱਤਰ ਸਨ। (ਬਿਲਹਾਹ ਅਤੇ ਜ਼ਿਲਪਾਹ ਉਸਦੇ ਪਿਤਾ ਦੀਆਂ ਪਤਨੀਆਂ ਸਨ।) ਯੂਸੁਫ਼ ਨੇ ਆਪਣੇ ਪਿਤਾ ਨੂੰ ਆਪਣੇ ਭਰਾਵਾਂ ਬਾਰੇ ਮਾੜੀਆਂ ਗੱਲਾਂ ਕਹੀਆਂ।
3 ਯੂਸੁਫ਼ ਉਸ ਵੇਲੇ ਜੰਮਿਆ ਸੀ ਜਦੋਂ ਉਸਦਾ ਪਿਤਾ ਯਾਕੂਬ ਬਹੁਤ ਬਿਰਧ ਹੋ ਚੁੱਕਾ ਸੀ। ਇਸ ਲਈ ਯਾਕੂਬ ਯੂਸੁਫ਼ ਨੂੰ ਆਪਣੇ ਹੋਰਨਾਂ ਪੁੱਤਰਾਂ ਨਾਲੋਂ ਵਧੇਰੇ ਪਿਆਰ ਕਰਦਾ ਸੀ। ਯਾਕੂਬ ਨੇ ਆਪਣੇ ਪੁੱਤਰ ਨੂੰ ਇੱਕ ਖਾਸ ਕੋਟ ਦਿੱਤਾ। ਇਹ ਕੋਟ ਲੰਮਾ ਸੀ ਅਤੇ ਬਹੁਤ ਖੂਬਸੂਰਤ ਸੀ।
4 ਯੂਸੁਫ਼ ਦੇ ਭਰਾਵਾਂ ਨੇ ਦੇਖਿਆ ਕਿ ਉਨ੍ਹਾਂ ਦਾ ਪਿਤਾ ਯੂਸੁਫ਼ ਨੂੰ ਉਨ੍ਹਾਂ ਨਾਲੋਂ ਵਧੇਰੇ ਪਿਆਰ ਕਰਦਾ ਸੀ, ਉਹ ਆਪਣੇ ਭਰਾ ਨਾਲ ਇੰਨੀ ਨਫ਼ਰਤ ਕਰਦੇ ਸਨ ਉਹ ਉਸਨੂੰ ਨਮਸਕਾਰ ਵੀ ਨਹੀਂ ਬੁਲਾਉਂਦੇ ਸਨ।
5 ਇੱਕ ਸਮੇਂ ਯੂਸੁਫ਼ ਨੂੰ ਇੱਕ ਖਾਸ ਸੁਪਨਾ ਆਇਆ। ਬਾਦ ਵਿੱਚ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਇਸ ਸੁਪਨੇ ਬਾਰੇ ਦੱਸਿਆ। ਇਸਤੋਂ ਮਗਰੋਂ ਉਸਦੇ ਭਰਾ ਉਸਨੂੰ ਹੋਰ ਵੀ ਵਧੇਰੇ ਨਫ਼ਰਤ ਕਰਨ ਲੱਗੇ।
6 ਯੂਸੁਫ਼ ਨੇ ਆਖਿਆ, “ਉਸ ਸੁਪਨੇ ਨੂੰ ਸੁਣੋ ਜੋ ਮੈਨੂੰ ਆਇਆ।”
7 ਅਸੀਂ ਸਾਰੇ ਖੇਤਾਂ ਵਿੱਚ ਕੰਮ ਕਰ ਰਹੇ ਸੀ। ਅਸੀਂ ਕਣਕ ਦੀਆਂ ਭਰੀਆਂ ਬੰਨ੍ਹ ਰਹੇ ਸੀ। ਫ਼ੇਰ ਮੇਰੀ ਭਰੀ ਉਠ ਖਲੋਤੀ। ਇਹ ਖਲੋਤੀ ਸੀ ਜਦੋਂ ਕਿ ਹੋਰ ਸਾਰੀਆਂ ਮੇਰੇ ਵਾਲੀ ਦੇ ਆਲੇ-ਦੁਆਲੇ ਚਕਰ ਲਾ ਰਹੀਆਂ ਸਨ। ਫ਼ੇਰ ਤੁਹਾਡੀਆਂ ਸਾਰੀਆਂ ਕਣਕ ਦੀਆਂ ਭਰੀਆਂ ਨੇ ਮੇਰੀ ਭਰੀ ਵੱਲ ਸਿਰ ਝੁਕਾਇਆ।”
8 ਉਸਦੇ ਭਰਾਵਾਂ ਨੇ ਆਖਿਆ, “ਕੀ ਤੂੰ ਸੋਚਦਾ ਹੈਂ ਕਿ ਇਸਦਾ ਅਰਥ ਇਹ ਹੈ ਕਿ ਤੂੰ ਰਾਜਾ ਬਣੇਂਗਾ ਅਤੇ ਸਾਡੇ ਉੱਤੇ ਰਾਜ ਕਰੇਂਗਾ?” ਉਸਦੇ ਭਰਾ ਯੂਸੁਫ਼ ਨੂੰ ਹੁਣ ਹੋਰ ਵੀ ਨਫ਼ਰਤ ਕਰਦੇ ਸਨ ਕਿਉਂਕਿ ਉਹ ਉਨ੍ਹਾਂ ਬਾਰੇ ਇਹੋ ਜਿਹੇ ਸੁਪਨੇ ਲੈਂਦਾ ਸੀ।
9 ਫ਼ੇਰ ਯੂਸੁਫ਼ ਨੂੰ ਇੱਕ ਹੋਰ ਸੁਪਨਾ ਆਇਆ। ਯੂਸੁਫ਼ ਨੇ ਇਸ ਸੁਪਨੇ ਬਾਰੇ ਆਪਣੇ ਭਰਾਵਾ ਨੂੰ ਦੱਸਿਆ। ਯੂਸੁਫ਼ ਨੇ ਆਖਿਆ, “ਮੈਨੂੰ ਇੱਕ ਹੋਰ ਸੁਪਨਾ ਆਇਆ ਹੈ। ਮੈਂ ਸੂਰਜ, ਚੰਨ ਅਤੇ 11 ਤਾਰਿਆਂ ਨੂੰ ਮੇਰੇ ਅੱਗੇ ਝੁਕਦਿਆਂ ਵੇਖਿਆ।”
10 ਜਦੋਂ ਯੂਸੁਫ਼ ਨੇ ਇਹ ਸੁਪਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਸੁਣਾਇਆ, ਉਸਦੇ ਪਿਤਾ ਨੇ ਉਸਨੂੰ ਝਿੜਕਿਆ, “ਇਹ ਕਿਹੋ ਜਿਹਾ ਸੁਪਨਾ ਹੈ? ਕੀ ਤੇਰੀ ਮਾਂ, ਤੇਰੇ ਭਰਾ ਅਤੇ ਮੈਂ ਤੇਰੇ ਅੱਗੇ ਧਰਤੀ ਉੱਤੇ ਝੁਕਾਂਗੇ?”
11 ਯੂਸੁਫ਼ ਦੇ ਭਰਾ ਉਸ ਨਾਲ ਈਰਖਾ ਕਰਦੇ ਰਹੇ। ਪਰ ਯੂਸੁਫ਼ ਦੇ ਪਿਤਾ ਨੇ ਇਨ੍ਹਾਂ ਗੱਲਾਂ ਬਾਰੇ ਬਹੁਤ ਸੋਚ ਵਿਚਾਰ ਕੀਤੀ ਅਤੇ ਇਹ ਸੋਚਕੇ ਹੈਰਾਨ ਹੋਣ ਲੱਗਾ ਕਿ ਇਸਦਾ ਕੀ ਅਰਥ ਹੋ ਸਕਦਾ।
12 ਇੱਕ ਦਿਨ ਯੂਸੁਫ਼ ਦੇ ਭਰਾ ਆਪਣੇ ਪਿਤਾ ਦੀਆਂ ਭੇਡਾਂ ਚਾਰਨ ਸ਼ਕਮ ਵੱਲ ਚਲੇ ਗਏ।
13 ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਸ਼ਕਮ ਨੂੰ ਚਲਾ ਜਾਹ। ਉਥੇ ਤੇਰੇ ਭਰਾ ਮੇਰੀਆਂ ਭੇਡਾਂ ਸਾਂਭ ਰਹੇ ਹਨ।”ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਚਲਾ ਜਾਵਾਂਗਾ।”
14 ਯੂਸੁਫ਼ ਦੇ ਪਿਤਾ ਨੇ ਆਖਿਆ, “ਜਾਹ ਜਾਕੇ ਦੇਖ ਤੇਰੇ ਭਰਾ ਸੁਰਖਿਅਤ ਤਾਂ ਹਨ। ਆਕੇ ਮੈਨੂੰ ਇਹ ਦਸੀਂ ਕਿ ਮੇਰੀਆਂ ਭੇਡਾਂ ਠੀਕ-ਠਾਕ ਹਨ ਜਾਂ ਨਹੀਂ।” ਇਸ ਲਈ ਯੂਸੁਫ਼ ਦੇ ਪਿਤਾ ਨੇ ਉਸਨੂੰ ਹਬਰੋਨ ਦੀ ਵਾਦੀ ਤੋਂ ਸ਼ਕਮ ਭੇਜ ਦਿੱਤਾ।
15 ਸ਼ਕਮ ਜਾਕੇ ਯੂਸੁਫ਼ ਰਾਹ ਭੁੱਲ ਗਿਆ। ਇੱਕ ਆਦਮੀ ਨੇ ਉਸਨੂੰ ਖੇਤਾਂ ਵਿੱਚ ਭਟਕਦਿਆਂ ਹੋਇਆ ਦੇਖਿਆ। ਉਸ ਆਦਮੀ ਨੇ ਆਖਿਆ, “ਤੂੰ ਕੀ ਭਾਲ ਰਿਹਾ ਹੈਂ?”
16 ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਆਪਣੇ ਭਰਾਵਾਂ ਨੂੰ ਲਭ ਰਿਹਾ ਹਾਂ। ਕੀ ਤੂੰ ਮੈਨੂੰ ਦੱਸ ਸਕਦਾ ਹੈਂ ਕਿ ਉਹ ਆਪਣੀਆਂ ਭੇਡਾਂ ਨਾਲ ਕਿਥੇ ਹਨ?”
17 ਉਸ ਆਦਮੀ ਨੇ ਆਖਿਆ, “ਉਹ ਤਾਂ ਪਹਿਲਾਂ ਹੀ ਦੂਰ ਜਾ ਚੁੱਕੇ ਹਨ। ਮੈਂ ਉਨ੍ਹਾਂ ਨੂੰ ਆਖਦਿਆਂ ਸੁਣਿਆ ਸੀ ਕਿ ਉਹ ਦੋਥਾਨ ਜਾ ਰਹੇ ਹਨ।” ਇਸ ਲਈ ਯੂਸੁਫ਼ ਨੇ ਆਪਣੇ ਭਰਾਵਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਦੋਥਾਨ ਵਿੱਚ ਜਾ ਮਿਲਿਆ।
18 ਯੂਸੁਫ਼ ਦੇ ਭਰਾਵਾਂ ਨੇ ਉਸਨੂੰ ਦੂਰੋਂ ਆਉਂਦਿਆਂ ਦੇਖਿਆ। ਉਨ੍ਹਾਂ ਨੇ ਉਸਨੂੰ ਮਾਰ ਦੇਣ ਦੀ ਵਿਉਂਤ ਘੜੀ।
19 ਭਰਾਵਾਂ ਨੇ ਇੱਕ ਦੂਸਰੇ ਨੂੰ ਆਖਿਆ, “ਉਹ ਆਉਂਦਾ ਹੈ ਯੂਸੁਫ਼, ਸੁਪਨੇ ਲੈਣ ਵਾਲਾ।
20 ਸਾਨੂੰ ਜੇ ਹੋ ਸਕੇ ਤਾਂ ਹੁਣੇ ਹੀ ਮਾਰ ਦੇਣਾ ਚਾਹੀਦਾ ਹੈ। ਅਸੀਂ ਉਸਦੀ ਲਾਸ਼ ਕਿਸੇ ਸਖਣੇ ਖੂਹ ਵਿੱਚ ਸੁੱਟ ਦਿਆਂਗੇ। ਅਸੀਂ ਆਪਣੇ ਪਿਤਾ ਨੂੰ ਜਾਕੇ ਆਖ ਸਕਦੇ ਹਾਂ ਕਿ ਉਸਨੂੰ ਕਿਸੇ ਜੰਗਲੀ ਜਾਨਵਰ ਨੇ ਮਾਰ ਦਿੱਤਾ। ਫ਼ੇਰ ਅਸੀਂ ਸਿਧ ਕਰ ਦਿਆਂਗੇ ਕਿ ਉਸਦੇ ਸੁਪਨੇ ਝੂਠੇ ਹਨ।”
21 ਪਰ ਰਊਬੇਨ ਯੂਸੁਫ਼ ਨੂੰ ਬਚਾਉਣ ਚਾਹੁੰਦਾ ਸੀ। ਰਊਬੇਨ ਨੇ ਆਖਿਆ, “ਅਸੀਂ ਉਸਨੂੰ ਮਾਰੀਏ ਨਾ।” ਰਊਬੇਨ ਨੇ ਯੂਸੁਫ਼ ਨੂੰ ਬਚਾਉਣ ਅਤੇ ਉਸਨੂੰ ਆਪਣੇ ਪਿਤਾ ਕੋਲ ਭੇਜਣ ਦੀ ਵਿਉਂਤ ਬਣਾਈ ਸੀ।
22 ਯੂਸੁਫ਼ ਆਪਣੇ ਭਰਾਵਾਂ ਕੋਲ ਗਿਆ। ਉਨ੍ਹਾਂ ਨੇ ਉਸ ਉੱਤੇ ਹਮਲਾ ਕਰ ਦਿੱਤਾ ਅਤੇ ਉਸਦਾ ਲੰਮਾ ਖੂਬਸੂਰਤ ਕੋਟ ਪਾੜ ਦਿੱਤਾ।
23
24 ਫ਼ੇਰ ਉਨ੍ਹਾਂ ਨੇ ਉਸਨੂੰ ਫ਼ੜਕੇ ਇੱਕ ਸੁੱਕੇ ਖੂਹ ਵਿੱਚ ਸੁੱਟ ਦਿੱਤਾ।
25 ਜਦੋਂ ਯੂਸੁਫ਼ ਖੂਹ ਵਿੱਚ ਸੀ ਤਾਂ ਭਰਾ ਰੋਟੀ ਖਾਣ ਬੈਠ ਗਏ। ਫ਼ੇਰ ਉਨ੍ਹਾਂ ਨੇ ਦੇਖਿਆ ਕਿ ਵਪਾਰੀਆਂ ਦਾ ਇੱਕ ਟੋਲਾ ਗਿਲਆਦ ਤੋਂ ਮਿਸਰ ਵੱਲ ਜਾ ਰਿਹਾ ਸੀ। ਉਨ੍ਹਾਂ ਦੇ ਊਠਾਂ ਉੱਤੇ ਬਹੁਤ ਤਰ੍ਹਾਂ ਦੇ ਮਸਾਲੇ ਅਤੇ ਦੌਲਤਾਂ ਲੱਦੀਆਂ ਹੋਈਆਂ ਸਨ।
26 ਇਸ ਲਈ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ, “ਜੇ ਅਸੀਂ ਆਪਣੇ ਭਰਾ ਨੂੰ ਮਾਰ ਦਿਆਂਗੇ ਅਤੇ ਉਸਦੀ ਮੌਤ ਉੱਤੇ ਪਰਦਾ ਪਾ ਦਿਆਂਗੇ ਤਾਂ ਸਾਨੂੰ ਕੀ ਲਾਭ ਮਿਲੇਗਾ?
27 ਜੇ ਅਸੀਂ ਉਸਨੂੰ ਇਨ੍ਹਾਂ ਵਪਾਰੀਆਂ ਹੱਥ ਵੇਚ ਦੇਈਏ ਤਾਂ ਸਾਨੂੰ ਵਧੇਰੇ ਲਾਭ ਹੋਵੇਗਾ। ਫ਼ੇਰ ਸਾਨੂੰ ਆਪਣੇ ਭਰਾ ਨੂੰ ਮਾਰਨ ਦਾ ਪਾਪ ਵੀ ਨਹੀਂ ਲੱਗੇਗਾ।” ਦੂਸਰੇ ਭਰਾ ਮੰਨ ਗਏ।
28 ਜਦੋਂ ਮਿਦਿਯਾਨੀ ਵਪਾਰੀ ਨੇੜੇ ਆਏ, ਭਰਾਵਾਂ ਨੇ ਯੂਸੁਫ਼ ਨੂੰ ਖੂਹ ਵਿੱਚੋਂ ਕੱਢ ਲਿਆਂਦਾ। ਉਨ੍ਹਾਂ ਨੇ ਉਸਨੂੰ ਚਾਂਦੀ ਦੇ 20 ਸਿਕਿਆਂ ਬਦਲੇ ਵਪਾਰੀਆਂ ਦੇ ਹੱਥ ਵੇਚ ਦਿੱਤਾ। ਵਪਾਰੀ ਉਸਨੂੰ ਮਿਸਰ ਲੈ ਗਏ।
29 ਇਸ ਸਾਰੇ ਸਮੇਂ ਦੌਰਾਨ ਰਊਬੇਨ ਆਪਣੇ ਭਰਾਵਾਂ ਦੇ ਨਾਲ ਨਹੀਂ ਸੀ। ਉਸਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਉਨ੍ਹਾਂ ਨੇ ਯੂਸੁਫ਼ ਨੂੰ ਵੇਚ ਦਿੱਤਾ ਹੈ। ਜਦੋਂ ਰਊਬੇਨ ਖੂਹ ਉੱਤੇ ਵਾਪਸ ਆਇਆ, ਉਸਨੇ ਦੇਖਿਆ ਕਿ ਯੂਸੁਫ਼ ਉਥੇ ਨਹੀਂ ਸੀ। ਰਊਬੇਨ ਨੇ ਗਮ ਦਾ ਪ੍ਰਗਟਾਵਾ ਕਰਨ ਲਈ ਆਪਣੇ ਕੱਪੜੇ ਪਾੜ ਦਿੱਤੇ।
30 ਰਊਬੇਨ ਭਰਾਵਾਂ ਕੋਲ ਗਿਆ ਅਤੇ ਆਖਿਆ, “ਮੁੰਡਾ ਤਾਂ ਖੂਹ ਵਿੱਚ ਨਹੀਂ ਹੈ! ਹੁਣ ਮੈਂ ਕੀ ਕਰਾਂ?”
31 ਭਰਾਵਾਂ ਨੇ ਇੱਕ ਬੱਕਰੇ ਨੂੰ ਮਾਰਿਆ ਅਤੇ ਯੂਸੁਫ਼ ਦੇ ਖੂਬਸੂਰਤ ਕੋਟ ਉੱਤੇ ਬੱਕਰੇ ਦਾ ਖੂਨ ਮਲ ਦਿੱਤਾ।
32 ਫ਼ੇਰ ਉਨ੍ਹਾਂ ਭਰਾਵਾਂ ਨੇ ਉਸ ਕੋਟ ਨੂੰ ਸੰਦੇਸ਼ ਦੇ ਨਾਲ ਆਪਣੇ ਪਿਤਾ ਕੋਲ ਵਾਪਸ ਭੇਜ ਦਿੱਤਾ, “ਸਾਨੂੰ ਇੱਕ ਕੋਟ ਲਭਿਆ ਹੈ। ਕੀ ਇਹ ਯੂਸੁਫ਼ ਦਾ ਕੋਟ ਹੈ?”
33 ਪਿਤਾ ਨੇ ਕੋਟ ਵੇਖਿਆ ਅਤੇ ਉਸਨੂੰ ਪਤਾ ਲੱਗ ਗਿਆ ਕਿ ਇਹ ਯੂਸੁਫ਼ ਦਾ ਹੀ ਸੀ। ਪਿਤਾ ਨੇ ਆਖਿਆ, “ਹਾਂ, ਇਹ ਉਸੇ ਦਾ ਹੀ ਹੈ! ਸ਼ਾਇਦ ਕਿਸੇ ਜੰਗਲੀ ਜਾਨਵਰ ਨੇ ਉਸਨੂੰ ਮਾਰ ਦਿੱਤਾ ਹੈ। ਮੇਰੇ ਪੁੱਤਰ ਨੂੰ ਕੋਈ ਜੰਗਲੀ ਜਾਨਵਰ ਖਾ ਗਿਆ!”
34 ਯਾਕੂਬ ਨੂੰ ਆਪਣੇ ਪੁੱਤਰ ਦਾ ਇੰਨਾ ਅਫ਼ਸੋਸ ਹੋਇਆ ਕਿ ਉਸਨੇ ਆਪਣੇ ਕੱਪੜੇ ਲੀਰੋ-ਲੀਰ ਕਰ ਦਿੱਤੇ। ਫ਼ੇਰ ਯਾਕੂਬ ਨੇ ਸੋਗ ਦੇ ਖਾਸ ਵਸਤਰ ਪਹਿਨ ਲਈ। ਯਾਕੂਬ ਆਪਣੇ ਪੁੱਤਰ ਦਾ ਕਾਫ਼ੀ ਲੰਮਾ ਸਮਾਂ ਸੋਗ ਮਨਾਉਂਦਾ ਰਿਹਾ।
35 ਯਾਕੂਬ ਦੇ ਸਾਰੇ ਪੁੱਤਰਾਂ, ਧੀਆਂ ਨੇ ਉਸਨੂੰ ਹੌਂਸਲਾ ਦੇਣ ਦੀ ਕੋਸ਼ਿਸ਼ ਕੀਤੀ। ਪਰ ਯਾਕੂਬ ਨੇ ਦਿਲ ਨਾ ਧਰਿਆ। ਯਾਕੂਬ ਨੇ ਆਖਿਆ, “ਮੈਂ ਆਪਣੇ ਪੁੱਤਰ ਦਾ ਉਸ ਦਿਨ ਤੱਕ ਸੋਗ ਮਨਾਉਂਦਾ ਰਹਾਂਗਾ ਜਦੋਂ ਤੱਕ ਕਿ ਮੈਂ ਮਰ ਨਹੀਂਜਾਂਦਾ।” ਇਸ ਲਈ ਯਾਕੂਬ ਆਪਣੇ ਪੁੱਤਰ ਯੂਸੁਫ਼ ਦਾ ਸੋਗ ਮਨਾਉਂਦਾ ਰਿਹਾ।
36 ਮਿਦਿਯਾਨੀ ਵਪਾਰੀਆਂ ਨੇ ਬਾਦ ਵਿੱਚ ਯੂਸੁਫ਼ ਨੂੰ ਮਿਸਰ ਵਿੱਚ ਵੇਚ ਦਿੱਤਾ। ਉਨ੍ਹਾਂ ਨੇ ਉਸਨੂੰ ਫ਼ਿਰਊਨ ਦੇ ਸੁਰਖਿਆ ਗਾਰਦਾਂ ਦੇ ਕਪਤਾਨ ਪੋਟੀਫ਼ਰ ਨੂੰ ਵੇਚ ਦਿੱਤਾ।