ਖ਼ਰੋਜ
ਕਾਂਡ 5
1 ਜਦੋਂ ਮੂਸਾ ਅਤੇ ਹਾਰੂਨ ਲੋਕਾਂ ਨਾਲ ਗੱਲ ਕਰ ਹਟੇ, ਉਹ ਫ਼ਿਰਊਨ ਵੱਲ ਚਲੇ ਗਏ। ਉਨ੍ਹਾਂ ਨੇ ਆਖਿਆ, “ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਮੇਰੇ ਲੋਕਾਂ ਨੂੰ ਮਾਰੂਥਲ ਵਿੱਚ ਜਾਣ ਦਿਓ ਤਾਂ ਜੋ ਉਹ ਮੇਰੇ ਸਨਮਾਨ ਵਿੱਚ ਦਾਵਤ ਕਰ ਸਕਣ।”
2 ਪਰ ਫ਼ਿਰਊਨ ਨੇ ਆਖਿਆ, “ਕੌਣ ਹੈ ਇਹ ਯਹੋਵਾਹ? ਮੈਂ ਉਸਦਾ ਹੁਕਮ ਕਿਉਂ ਮੰਨਾਂ? ਮੈਂ ਇਸਰਾਏਲ ਨੂੰ ਕਿਉਂ ਜਾਣ ਦੇਵਾਂ? ਮੈਂ ਤਾਂ ਇਹ ਜਾਣਦਾ ਵੀ ਨਹੀਂ ਕਿ ਉਹ ਕੌਣ ਹੈ ਜਿਸਨੂੰ ਤੁਸੀਂ ਯਹੋਵਾਹ ਕਹਿੰਦੇ ਹੋ, ਇਸ ਲਈ ਇਸਰਾਏਲੀਆਂ ਦੇ ਚਲੇ ਜਾਣ ਤੋਂ ਇਨਕਾਰ ਕਰਦਾ ਹਾਂ।”
3 ਤਾਂ ਹਾਰੂਨ ਤੇ ਮੂਸਾ ਨੇ ਆਖਿਆ, “ਇਬਰਾਨੀ ਲੋਕਾਂ ਦੇ ਪਰਮੇਸ਼ੁਰ ਨੇ ਸਾਡੇ ਨਾਲ ਗੱਲ ਕੀਤੀ ਹੈ। ਇਸ ਲਈ ਅਸੀਂ ਤੈਨੂੰ ਬੇਨਤੀ ਕਰਦੇ ਹਾਂ ਕਿ ਸਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਬਲੀਆਂ ਚੜਾਉਣ ਲਈ ਤਿੰਨਾਂ ਦਿਨਾਂ ਲਈ ਮਾਰੂਥਲ ਅੰਦਰ ਸਫ਼ਰ ਕਰਨ ਦੇ। ਜੇ ਅਸੀਂ ਅਜਿਹਾ ਨਹੀਂ ਕਰਾਂਗੇ, ਤਾਂ ਉਹ ਗੁੱਸੇ ਹੋ ਸਕਦਾ ਤੇ ਸਾਨੂੰ ਬਿਮਾਰੀ ਜਾਂ ਤਲਵਾਰ ਨਾਲ ਮਾਰ ਦੇਵੇਗਾ।”
4 ਪਰ ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਮੂਸਾ ਤੇ ਹਾਰੂਨ, ਤੁਸੀਂ ਕਾਮਿਆਂ ਨੂੰ ਕੰਮ ਤੋਂ ਰੋਕ ਰਹੇ ਹੋ। ਉਨ੍ਹਾਂ ਨੂੰ ਆਪਣਾ ਕੰਮ ਕਰਨ ਦਿਓ। ਜਾਓ, ਆਪਣਾ ਕੰਮ ਕਰੋ।
5 ਇੱਥੇ ਬਹੁਤ ਸਾਰੇ ਕਾਮੇ ਹਨ, ਅਤੇ ਤੁਸੀਂ ਉਨ੍ਹਾਂ ਨੂੰ ਆਪਣਾ ਕੰਮ ਕਰਨ ਤੋਂ ਰੋਕ ਰਹੇ ਹੋ।
6 ਓਸੇ ਦਿਨ ਫ਼ਿਰਊਨ ਨੇ ਇਸਰਾਏਲ ਦੇ ਲੋਕਾਂ ਲਈ ਕੰਮ ਨੂੰ ਹੋਰ ਵਧੇਰੇ ਸਖਤ ਕਰਨ ਦਾ ਹੁਕਮ ਦੇ ਦਿੱਤਾ। ਫ਼ਿਰਊਨ ਨੇ ਦਾਸਾਂ ਦੇ ਸੁਆਮੀਆਂ ਅਤੇ ਇਬਰਾਨੀ ਆਗੂਆਂ ਨੂੰ ਆਖਿਆ,
7 “ਤੁਸੀਂ ਹਮੇਸ਼ਾ ਲੋਕਾਂ ਨੂੰ ਤੂੜੀ ਦਿੱਤੀ ਹੈ ਅਤੇ ਉਹ ਇਸਨੂੰ ਇੱਟਾਂ ਬਨਾਉਣ ਲਈ ਵਰਤਦੇ ਹਨ। ਪਰ ਹੁਣ, ਉਨ੍ਹਾਂ ਨੂੰ ਆਖੋ ਕਿ ਉਨ੍ਹਾਂ ਨੂੰ ਇੱਟਾਂ ਬਨਾਉਣ ਲਈ ਆਪਣੀ ਤੂੜੀ, ਖੁਦ ਜਾਕੇ ਲੱਭਣੀ ਪਵੇਗੀ।
8 ਪਰ ਤਾਂ ਵੀ ਉਨ੍ਹਾਂ ਨੂੰ ਪਹਿਲਾਂ ਜਿੰਨੀ ਗਿਣਤੀ ਦੀਆਂ ਇੱਟਾਂ ਬਨਾਉਣੀਆਂ ਪੈਣਗੀਆਂ। ਉਹ ਸੁਸਤ ਹੋ ਗਏ ਹਨ। ਇਹੀ ਕਾਰਣ ਹੈ ਕਿ ਉਹ ਮੇਰੇ ਕੋਲੋਂ ਜਾਣ ਦੀ ਇਜਾਜ਼ਤ ਮੰਗ ਰਹੇ ਹਨ। ਉਨ੍ਹਾਂ ਕੋਲ ਕਰਨ ਲਈ ਕਾਫ਼ੀ ਕੰਮ ਨਹੀਂ ਹੈ। ਇਸੇ ਲਈ ਉਹ ਮੈਨੂੰ ਆਖਦੇ ਹਨ ਕਿ ਮੈਂ ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਅੱਗੇ ਬਲੀਆਂ ਚੜਾਉਣ ਦਿਆਂ।
9 ਇਸ ਲਈ ਇਨ੍ਹਾਂ ਲੋਕਾਂ ਕੋਲੋਂ ਹੋਰ ਵਧੇਰੇ ਸਖਤ ਕੰਮ ਕਰਾਓ। ਉਨ੍ਹਾਂ ਨੂੰ ਰੁਝਾਈ ਰਖੋ। ਫ਼ੇਰ ਉਨ੍ਹਾਂ ਕੋਲ ਮੂਸਾ ਦੀਆਂ ਝੂਠੀਆਂ ਗੱਲਾਂ ਸੁਣਨ ਦੀ ਵਿਹਲ ਨਹੀਂ ਹੋਵੇਗੀ।”
10 ਇਸ ਲਈ ਮਿਸਰੀ ਸੁਆਮੀ ਅਤੇ ਇਬਰਾਨੀ ਆਗੂ (ਫ਼ੋਰਮੈਨ) ਇਸਰਾਏਲ ਦੇ ਲੋਕਾਂ ਕੋਲ ਗਏ ਅਤੇ ਆਖਣ ਲੱਗੇ, “ਫ਼ਿਰਊਨ ਨੇ ਫ਼ੈਸਲਾ ਕੀਤਾ ਹੈ ਕਿ ਉਹ ਤੁਹਾਨੂੰ ਤੁਹਾਡੀਆਂ ਇੱਟਾਂ ਲਈ ਤੂੜੀ ਨਹੀਂ ਦੇਵੇਗਾ।
11 ਤੁਹਾਨੂੰ ਖੁਦ ਜਾਕੇ ਤੂੜੀ ਲਭਣੀ ਪਵੇਗੀ। ਪਰ ਤਾਂ ਵੀ ਤੁਹਾਨੂੰ ਪਹਿਲਾਂ ਜਿੰਨੀਆਂ ਹੀ ਇੱਟਾਂ ਬਨਾਉਣੀਆਂ ਪੈਣਗੀਆਂ।”
12 ਇਸ ਲਈ ਲੋਕ ਮਿਸਰ ਵਿੱਚ ਹਰ ਥਾਂ ਤੂੜੀ ਦੀ ਤਲਾਸ਼ ਵਿੱਚ ਗਏ।
13 ਦਾਸਾਂ ਦੇ ਸੁਆਮੀਆਂ ਨੇ ਲੋਕਾਂ ਨੂੰ ਹੋਰ ਵੀ ਵਧੇਰੇ ਸਖਤ ਕੰਮ ਕਰਨ ਲਈ ਮਜ਼ਬੂਰ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਪਹਿਲਾਂ ਜਿੰਨੀਆਂ ਇੱਟਾਂ ਬਨਾਉਣ ਲਈ ਮਜ਼ਬੂਰ ਕਰ ਦਿੱਤਾ।
14 ਮਿਸਰੀ ਸੁਆਮੀਆਂ ਨੇ ਇਬਰਾਨੀ ਆਗੂਆਂ ਨੂੰ ਚੁਣਿਆ ਹੋਇਆ ਸੀ ਅਤੇ ਉਨ੍ਹਾਂ ਨੂੰ ਲੋਕਾਂ ਦੇ ਕੰਮ ਲਈ ਜ਼ਿੰਮੇਵਾਰ ਬਣਾਇਆ ਹੋਇਆ ਸੀ। ਮਿਸਰੀ ਸੁਆਮੀਆਂ ਨੇ ਇਨ੍ਹਾਂ ਆਗੂਆਂ ਨੂੰ ਕੁੱਟਿਆ ਅਤੇ ਆਖਿਆ, “ਤੁਸੀਂ ਓਨੀਆਂ ਹੀ ਇੱਟਾਂ ਕਿਉਂ ਨਹੀਂ ਬਣਾ ਰਹੇ ਜਿੰਨੀਆਂ ਪਹਿਲਾਂ ਬਣਾਉਂਦੇ ਸੀ? ਜੇ ਤੁਸੀਂ ਪਹਿਲਾਂ ਅਜਿਹਾ ਕਰ ਸਕਦੇ ਸੀ ਤਾਂ ਤੁਸੀਂ ਹੁਣ ਵੀ ਕਰ ਸਕਦੇ ਹੋ।”
15 ਤਾਂ ਇਬਰਾਨੀ ਆਗੂ ਫ਼ਿਰਊਨ ਕੋਲ ਗਏ। ਉਨ੍ਹਾਂ ਨੇ ਸ਼ਿਕਾਇਤ ਕੀਤੀ ਅਤੇ ਆਖਿਆ, “ਅਸੀਂ ਤੁਹਾਡੇ ਨੌਕਰ ਹਾਂ। ਤੁਸੀਂ ਸਾਡੇ ਨਾਲ ਇਸ ਤਰ੍ਹਾਂ ਦਾ ਵਰਤਾਓ ਕਿਉਂ ਕਰ ਰਹੇ ਹੋ?
16 ਤੁਸੀਂ ਸਾਨੂੰ ਕੋਈ ਤੂੜੀ ਨਹੀਂ ਦਿੰਦੇ, ਪਰ ਸਾਨੂੰ ਆਖਦੇ ਹੋ ਕਿ ਅਸੀਂ ਪਹਿਲਾਂ ਜਿੰਨੀਆਂ ਹੀ ਇੱਟਾਂ ਬਣਾਈਏ। ਅਤੇ ਹੁਣ ਸਾਡੇ ਸੁਆਮੀ ਸਾਨੂੰ ਕੁੱਟ ਰਹੇ ਹਨ। ਤੁਹਾਡੇ ਲੋਕ ਅਜਿਹਾ ਕਰਨ ਵਿੱਚ ਗਲਤ ਹਨ।”
17 ਫ਼ਿਰਊਨ ਨੇ ਜਵਾਬ ਦਿੱਤਾ, “ਤੁਸੀਂ ਸੁਸਤ ਹੋ। ਤੁਸੀਂ ਕੰਮ ਨਹੀਂ ਕਰਨਾ ਚਾਹੁੰਦੇ। ਇਸੇ ਲਈ ਤੁਸੀਂ ਆਖਦੇ ਹੋ ਕਿ ਮੈਂ ਤੁਹਾਨੂੰ ਜਾਣ ਦੇਵਾਂ। ਅਤੇ ਇਹੀ ਕਾਰਣ ਹੈ ਕਿ ਤੁਸੀਂ ਇਥੋਂ ਜਾਣਾ ਚਾਹੁੰਦੇ ਹੋ ਅਤੇ ਯਹੋਵਾਹ ਅੱਗੇ ਬਲੀਆਂ ਚੜਾਉਣਾ ਚਾਹੁੰਦੇ ਹੋ।
18 ਹੁਣ ਕੰਮ ਤੇ ਵਾਪਸ ਜਾਓ। ਅਸੀਂ ਤੁਹਾਨੂੰ ਕੋਈ ਤੂੜੀ ਨਹੀਂ ਦਿਆਂਗੇ। ਅਤੇ ਤੁਹਾਨੂੰ ਪਹਿਲਾਂ ਜਿੰਨੀਆਂ ਹੀ ਇੱਟਾਂ ਬਨਾਉਣੀਆਂ ਪੈਣਗੀਆਂ।”
19 ਇਬਰਾਨੀ ਆਗੂਆਂ ਨੂੰ ਪਤਾ ਸੀ ਕਿ ਉਹ ਮੁਸੀਬਤ ਵਿੱਚ ਸਨ। ਆਗੂ ਜਾਣਦੇ ਸਨ ਕਿ ਉਹ ਪਹਿਲਾਂ ਜਿੰਨੀਆਂ ਇੱਟਾਂ ਨਹੀਂ ਬਣਾ ਸਕਦੇ ਸਨ।
20 ਜਦੋਂ ਉਹ ਫ਼ਿਰਊਨ ਨਾਲ ਮੁਲਾਕਾਤ ਕਰਕੇ ਜਾ ਰਹੇ ਸਨ, ਉਹ ਮੂਸਾ ਅਤੇ ਹਾਰੂਨ ਕੋਲੋਂ ਲੰਘੇ। ਮੂਸਾ ਅਤੇ ਹਾਰੂਨ ਉਨ੍ਹਾਂ ਨੂੰ ਉਡੀਕ ਰਹੇ ਸਨ।
21 ਇਸ ਲਈ ਉਨ੍ਹਾਂ ਨੇ ਮੂਸਾ ਤੇ ਹਾਰੂਨ ਨੂੰ ਆਖਿਆ, “ਜਦੋਂ ਤੁਸੀਂ ਫ਼ਿਰਊਨ ਨੂੰ ਆਖਿਆ ਸੀ ਕਿ ਸਾਨੂੰ ਜਾਣ ਦੇਵੇ ਤਾਂ ਤੁਸੀਂ ਅਸਲ ਵਿੱਚ ਗਲਤੀ ਕੀਤੀ ਸੀ। ਯਹੋਵਾਹ ਤੁਹਾਨੂੰ ਸਜ਼ਾ ਦੇਵੇ, ਕਿਉਂਕਿ ਤੁਸੀਂ ਫ਼ਿਰਊਨ ਅਤੇ ਉਸਦੇ ਹਾਕਮਾਂ ਨੂੰ ਸਾਨੂੰ ਨਫ਼ਰਤ ਕਰਨ ਲਾਇਆ। ਤੁਸੀਂ ਉਨ੍ਹਾਂ ਨੂੰ ਸਾਨੂੰ ਮਾਰਨ ਦਾ ਬਹਾਨਾ ਦੇ ਦਿੱਤਾ ਹੈ।”
22 ਤਾਂ ਮੂਸਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਆਖਿਆ, “ਹੇ ਸੁਆਮੀ, ਤੁਸੀਂ ਆਪਣੇ ਬੰਦਿਆਂ ਲਈ ਇਹ ਭਿਆਨਕ ਗੱਲ ਕਿਉਂ ਕੀਤੀ ਹੈ? ਤੁਸੀਂ ਮੈਨੂੰ ਇੱਥੇ ਕਿਉਂ ਭੇਜਿਆ ਹੈ?
23 ਮੈਂ ਫ਼ਿਰਊਨ ਕੋਲ ਗਿਆ ਅਤੇ ਉਹੀ ਗੱਲਾਂ ਆਖੀਆਂ ਜਿਹੜੀਆਂ ਤੁਸੀਂ ਆਖਣ ਲਈ ਕਹੀਆਂ ਸਨ। ਪਰ ਉਸੇ ਵੇਲੇ ਤੋਂ ਉਹ ਲੋਕਾਂ ਲਈ ਕਮੀਨਾ ਬਣ ਗਿਆ ਹੈ। ਅਤੇ ਤੁਸੀਂ ਉਨ੍ਹਾਂ ਦੀ ਸਹਾਇਤਾ ਲਈ ਕੁਝ ਵੀ ਨਹੀਂ ਕੀਤਾ।”