ਅਹਬਾਰ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27

ਕਾਂਡ 21

1 ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਇਹ ਗੱਲਾਂ ਆਖ; ਆਪਣੇ ਲੋਕਾਂ ਦਰਮਿਆਨ ਹੋਈ ਮੌਤ ਕਾਰਣ ਜਾਜਕ ਨੂੰ ਆਪਣੇ-ਆਪ ਨੂੰ ਪਲੀਤ ਨਹੀਂ ਕਰਨਾ ਚਾਹੀਦਾ।
2 ਪਰ ਜੇ ਮਰਿਆ ਹੋਇਆ ਬੰਦਾ ਉਸਦਾ ਨਜ਼ਦੀਕੀ ਰਿਸ਼ਤੇਦਾਰ ਸੀ ਤਾਂ ਉਹ ਆਪਣੇ-ਆਪ ਨੂੰ ਪਲੀਤ ਕਰ ਸਕਦਾ ਹੈ। ਇਸ ਵਿੱਚ ਉਸਦੀ ਮਾਤਾ, ਉਸਦਾ ਪਿਤਾ, ਉਸਦਾ ਪੁੱਤਰ ਜਾਂ ਧੀ, ਉਸਦਾ ਭਰਾ ਜਾਂ
3 ਉਸਦੀ ਅਣਵਿਆਹੀ ਭੈਣ ਸ਼ਾਮਿਲ ਹੈ। (ਇਹ ਭੈਣ ਉਸਦੇ ਨਜ਼ਦੀਕ ਹੈ ਕਿਉਂਕਿ ਉਸਦਾ ਕੋਈ ਪਤੀ ਨਹੀਂ। ਇਸ ਲਈ ਜਾਜਕ ਉਸ ਵਾਸਤੇ ਆਪਣੇ ਆਪ ਨੂੰ ਪਲੀਤ ਕਰ ਸਕਦਾ ਹੈ ਜੇ ਉਹ ਮਰ ਜਾਂਦੀ ਹੈ।)
4 ਪਰ ਉਸਨੂੰ ਆਪਣੇ-ਆਪਨੂੰ ਪਲੀਤ ਨਹੀਂ ਕਰਨਾ ਚਾਹੀਦਾ ਜੇ ਮਰਿਆ ਹੋਇਆ ਬੰਦਾ ਸ਼ਾਦੀ ਕਾਰਣ ਹੀ ਉਸਦੇ ਨਾਲ ਜੁੜਿਆ ਹੋਇਆ ਸੀ।
5 “ਜਾਜਕਾਂ ਨੂੰ ਆਪਣੇ ਸਿਰ ਨਹੀਂ ਮੁਨਵਾਉਣੇ ਚਾਹੀਦੇ। ਉਨ੍ਹਾਂ ਨੂੰ ਆਪਣੀਆਂ ਦਾਹੜੀਆਂ ਦੇ ਸਿਰੇ ਨਹੀਂ ਮੁਨਾਉਣੇ ਚਾਹੀਦੇ ਅਤੇ ਆਪਣੇ ਜਿਸਮਾਂ ਉੱਤੇ ਚੀਰੇ ਨਹੀਂ ਲਾਉਣੇ ਚਾਹੀਦੇ।
6 ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੇ ਨਾਮ ਦਾ ਨਿਰਾਦਰ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਯਹੋਵਾਹ ਨੂੰ ਅੱਗ ਦੁਆਰਾ ਚੜਾਵੇ (ਉਨ੍ਹਾਂ ਦੇ ਪਰਮੇਸ਼ੁਰ ਦਾ ਭੋਜਨ) ਚੜਾਉਂਦੇ ਹਨ। ਇਸ ਲਈ ਉਨ੍ਹਾਂ ਨੂੰ ਪਵਿੱਤਰ ਹੋਣਾ ਚਾਹੀਦਾ ਹੈ।
7 “ਇੱਕ ਜਾਜਕ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੈ। ਇਸ ਲਈ ਜਾਜਕ ਨੂੰ ਕਿਸੇ ਵੇਸਵਾ, ਕਿਸੇ ਕਲੰਕਤ ਔਰਤ ਜਾਂ ਤਲਾਕਸ਼ੁਦਾ ਔਰਤ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ।
8 ਤੁਹਾਨੂੰ ਜਾਜਕ ਨਾਲ ਨਾਪਾਕ ਤਰੀਕੇ ਨਾਲ ਪੇਸ਼ ਨਹੀਂ ਆਉਣਾ ਚਾਹੀਦਾ। ਕਿਉਂਕਿ ਉਹ ਤੁਹਾਡੇ ਪਰਮੇਸ਼ੁਰ ਦਾ ਭੋਜਨ ਹਾਜ਼ਰ ਕਰਦਾ ਹੈ, ਅਤੇ ਮੈਂ ਪਵਿੱਤਰ ਹਾਂ। ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ।
9 “ਜੇ ਕਿਸੇ ਜਾਜਕ ਦੀ ਧੀ ਵੇਸਵਾ ਬਣ ਜਾਵੇ ਅਤੇ ਆਪਣੇ-ਆਪ ਨੂੰ ਕਲੰਕਤ ਕਰ ਲਵੇ ਉਹ ਆਪਣੇ ਪਿਉ ਨੂੰ ਵੀ ਕਲੰਕਤ ਕਰ ਦਿੰਦੀ ਹੈ। ਇਸ ਲਈ ਉਸਨੂੰ ਜਿੰਦਾ ਸਾੜ ਦੇਣਾ ਚਾਹੀਦਾ ਹੈ।
10 “ਪਰਧਾਨ ਜਾਜਕ ਨੂੰ ਉਸਦੇ ਭਰਾਵਾਂ ਵਿੱਚੋਂ ਚੁਣਿਆ ਗਿਆ ਸੀ। ਮਸਹ ਵਾਲਾ ਤੇਲ ਉਸਦੇ ਸਿਰ ਤੇ ਲਾਇਆ ਗਿਆ ਸੀ। ਇਸ ਤਰ੍ਹਾਂ ਨਾਲ ਉਸਨੂੰ ਪਰਧਾਨ ਜਾਜਕ ਦੀ ਖਾਸ ਸੇਵਾ ਲਈ ਚੁਣਿਆ ਗਿਆ ਸੀ। ਉਸਨੂੰ ਖਾਸ ਕੱਪੜੇ ਪਹਿਨਣ ਲਈ ਚੁਣਿਆ ਗਿਆ ਸੀ। ਇਸ ਲਈ ਉਸਨੂੰ ਅਜਿਹੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਲੋਕਾਂ ਵਿੱਚ ਉਸਦੀ ਉਦਾਸੀ ਨੂੰ ਦਰਸਾਉਣ। ਉਸਨੂੰ ਆਪਣੇ ਵਾਲ ਵਧਣ ਨਹੀਂ ਦੇਣੇ ਚਾਹੀਦੇ। ਉਸਨੂੰ ਆਪਣੇ ਕੱਪੜੇ ਨਹੀਂ ਪਾੜਨੇ ਚਾਹੀਦੇ।
11 ਉਸਨੂੰ ਕਿਸੇ ਮੁਰਦਾ ਸ਼ਰੀਰ ਦੇ ਕੋਲ ਜਾਕੇ ਆਪਣੇ-ਆਪ ਨੂੰ ਪਲੀਤ ਨਹੀਂ ਕਰਨਾ ਚਾਹੀਦਾ ਭਾਵੇਂ ਲਾਸ਼ ਉਸਦੀ ਮਾਂ ਹੋਵੇ ਜਾਂ ਪਿਉ ਦੀ।
12 ਪਰਧਾਨ ਜਾਜਕ ਨੂੰ ਪਰਮੇਸ਼ੁਰ ਦੇ ਪਵਿੱਤਰ ਸਥਾਨ ਤੋਂ ਬਾਹਰ ਨਹੀਂ ਜਾਣਾ ਚਾਹੀਦਾ। ਜੇ ਉਹ ਜਾਵੇਗਾ ਤਾਂ ਉਹ ਪਲੀਤ ਹੋ ਸਕਦਾ ਹੈ ਅਤੇ ਉਹ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਵੀ ਪਲੀਤ ਕਰ ਸਕਦਾ ਹੈ। ਕਿਉਂਕਿ ਉਸਨੂੰ ਉਸਦੇ ਪਰਮੇਸ਼ੁਰ ਦਾ ਮਸਹ ਕਰਨ ਵਾਲਾ ਤੇਲ ਉਸਦੇ ਸਿਰ ‘ਚ ਪਾਕੇ ਸਮਰਪਿਤ ਕੀਤਾ ਗਿਆ ਹੈ। ਮੈਂ ਯਹੋਵਾਹ ਹਾਂ।
13 “ਪਰਧਾਨ ਜਾਜਕ ਨੂੰ ਕਿਸੇ ਅਜਿਹੀ ਔਰਤ ਨਾਲ ਹੀ ਸ਼ਾਦੀ ਕਰਨੀ ਚਾਹੀਦੀ ਹੈ ਜੋ ਕੁਆਰੀ ਹੋਵੇ।
14 ਪਰਧਾਨ ਜਾਜਕ ਨੂੰ ਕਿਸੇ ਵਿਧਵਾ, ਕਿਸੇ ਤਲਾਕਸ਼ੁਦਾ ਔਰਤ ਜਾਂ ਕਿਸੇ ਵੇਸਵਾ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ। ਉਹ ਸਿਰਫ਼ ਆਪਣੇ ਲੋਕਾਂ ਵਿੱਚੋਂ ਹੀ ਕਿਸੇ ਕੁਆਰੀ ਕੁੜੀ ਨਾਲ ਸ਼ਾਦੀ ਕਰ ਸਕਦਾ ਹੈ।
15 ਇਸ ਤਰ੍ਹਾਂ, ਉਹ ਲੋਕਾਂ ਦਰਮਿਆਨ ਆਪਣੇ ਬੱਚਿਆਂ ਨੂੰ ਜਾਜਕ ਹੋਣ ਤੋਂ ਅਯੋਗ ਨਹੀਂ ਬਣਾ ਸਕੇਗਾ। ਮੈਂ ਯਹੋਵਾਹ ਨੇ, ਜਾਜਕ ਨੂੰ ਉਸਦੇ ਖਾਸ ਕਾਰਜ ਲਈ ਵੱਖ ਕੀਤਾ ਹੈ।”
16 ਯਹੋਵਾਹ ਨੇ ਮੂਸਾ ਨੂੰ ਆਖਿਆ,
17 “ਹਾਰੂਨ ਨੂੰ ਆਖ; ਜੇਕਰ ਤੇਰੇ ਉੱਤਰਾਧਿਕਾਰੀਆਂ ਵਿੱਚੋਂ ਕਿਸੇ ਨੂੰ ਵੀ ਕੋਈ ਸ਼ਰੀਰਿਕ ਨੁਕਸ ਹੋਵੇ, ਉਹ ਆਪਣੇ ਪਰਮੇਸ਼ੁਰ ਨੂੰ ਭੋਜਨ ਦਾ ਚੜਾਵਾ ਨਾ ਚੜਾਵੇ।
18 ਕੋਈ ਵੀ ਆਦਮੀ ਜਿਸਨੂੰ ਇਨ੍ਹਾਂ ਵਿੱਚੋਂ ਕੋਈ ਸ਼ਰੀਰਿਕ ਨੁਕਸ ਹੈ ਉਸਨੂੰ ਜਾਜਕ ਵਜੋਂ ਸੇਵਾ ਨਹੀਂ ਕਰਨੀ ਚਾਹੀਦੀ: ਅੰਨ੍ਹੇ ਆਦਮੀ ਨੂੰ, ਵਿਕਲਾਂਗ ਆਦਮੀ ਨੂੰ, ਭਿਆਨਕ ਚਿਹਰੇ ਵਾਲੇ ਆਦਮੀ ਨੂੰ, ਬਹੁਤ ਲੰਮੀਆਂ ਬਾਹਾਂ ਜਾਂ ਲੱਤਾਂ ਵਾਲੇ ਆਦਮੀ ਨੂੰ,
19 ਟੁੱਟੇ ਹੋਏ ਹੱਥਾਂ ਪੈਰਾਂ ਵਾਲੇ ਆਦਮੀ ਨੂੰ,
20 ਕੁਬ੍ਬੇ ਆਦਮੀ ਨੂੰ, ਅਖਾਂ ਵਿੱਚ ਨੁਕਸ ਵਾਲੇ ਆਦਮੀ ਨੂੰ, ਪਪੜੀ ਜਾਂ ਚਮੜੀ ਦੇ ਰੋਗੀ ਆਦਮੀ ਨੂੰ, ਖਸੀ ਆਦਮੀ ਨੂੰ।
21 “ਜੇ ਹਾਰੂਨ ਦੇ ਵੰਸ਼ਜਾਂ ਵਿੱਚੋਂ ਕਿਸੇ ਨੂੰ ਕੋਈ ਵੀ ਸ਼ਰੀਰਕ ਨੁਕਸ ਹੋਵੇ, ਉਹ ਯਹੋਵਾਹ ਨੂੰ ਹੋਮ ਦੀ ਭੇਟ ਨਹੀਂ ਚੜਾ ਸਕਦਾ। ਅਤੇ ਉਹ ਆਪਣੇ ਪਰਮੇਸ਼ੁਰ ਨੂੰ ਭੋਜਨ ਦੀ ਭੇਟ ਨਹੀਂ ਚੜਾ ਸਕਦਾ।
22 ਉਹ ਜਾਜਕ ਦੇ ਪਰਿਵਾਰ ਵਿੱਚੋਂ ਹੈ, ਇਸ ਲਈ ਉਹ ਪਵਿੱਤਰ ਭੋਜਨ ਅਤੇ ਆਪਣੇ ਪਰਮੇਸ਼ੁਰ ਦਾ ਅੱਤ ਪਵਿੱਤਰ ਭੋਜਨ ਖਾ ਸਕਦਾ ਹੈ।
23 ਪਰ ਉਹ ਪਵਿੱਤਰ ਦੇ ਪਰਦੇ ਜਾਂ ਜਗਵੇਦੀ ਦੇ ਨਜ਼ਦੀਕ ਨਹੀਂ ਜਾ ਸਕਦਾ। ਕਿਉਂਕਿ ਉਸ ਵਿੱਚ ਕੁਝ ਸ਼ਰੀਰਕ ਨੁਕਸ ਹੈ। ਉਸਨੂੰ ਮੇਰੇ ਪਵਿੱਤਰ ਸਥਾਨ ਨੂੰ ਅਪਵਿੱਤਰ ਨਹੀਂ ਬਨਾਉਣਾ ਚਾਹੀਦਾ। ਮੈਂ, ਯਹੋਵਾਹ, ਇਨ੍ਹਾਂ ਥਾਵਾਂ ਨੂੰ ਪਵਿੱਤਰ ਬਣਾਇਆ।”
24 ਇਸ ਤਰ੍ਹਾਂ ਮੂਸਾ ਨੇ ਇਹ ਗੱਲਾਂ ਹਾਰੂਨ ਨੂੰ, ਹਾਰੂਨ ਦੇ ਪੁੱਤਰਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦਸੀਆਂ।