ਜ਼ਬੂਰ
ਕਾਂਡ 115
1 ਯਹੋਵਾਹ, ਸਾਨੂੰ ਕੋਈ ਇੱਜ਼ਤ ਨਹੀਂ ਮਿਲਣੀ ਚਾਹੀਦੀ। ਇੱਜ਼ਤ ਤਾਂ ਤੁਹਾਡੀ ਮਲਕੀਅਤ ਹੈ। ਤੁਹਾਡੀ ਇੱਜ਼ਤ ਤੁਹਾਡੇ ਪਿਆਰ ਕਾਰਣ ਅਤੇ ਇਸ ਕਾਰਣ ਹੈ ਕਿ ਅਸੀਂ ਤੁਹਾਡੇ ਉੱਤੇ ਵਿਸ਼ਵਾਸ ਕਰ ਸਕਦੇ ਸਾਂ।
2 ਕੌਮਾਂ ਹੈਰਾਨ ਕਿਉਂ ਹੋਣ ਕਿ ਸਾਡਾ ਪਰਮੇਸ਼ੁਰ ਕਿਥੇ ਹੈ।
3 ਪਰਮੇਸ਼ੁਰ ਸਵਰਗ ਵਿੱਚ ਹੈ, ਅਤੇ ਉਹ ਉਹੀ ਸਭ ਕੁਝ ਕਰਦਾ ਹੈ ਜੋ ਉਸਨੂੰ ਪਸੰਦ ਹੈ।
4 ਪਰਾਈਆਂ ਕੌਮਾਂ ਦੇ ਦੇਵਤੇ ਸੋਨੇ ਚਾਂਦੀ ਨਾਲ ਬਣੇ ਹੋਏ ਸਿਰਫ਼ ਬੁੱਤ ਹਨ। ਉਹ ਇਨਸਾਨੀ ਹੱਥਾਂ ਦੁਆਰਾ ਬਣਾਏ ਗਏ ਹਨ।
5 ਉਨ੍ਹਾਂ ਬੁੱਤਾਂ ਦੇ ਮੂੰਹ ਤਾਂ ਹਨ, ਪਰ ਬੋਲ ਨਹੀਂ ਸਕਦੇ। ਉਨ੍ਹਾਂ ਦੀਆਂ ਅੱਖਾਂ ਤਾਂ ਹਨ, ਪਰ ਦੇਖ ਨਹੀਂ ਸਕਦੀਆਂ।
6 ਉਨ੍ਹਾਂ ਦੇ ਕੰਨ ਤਾਂ ਹਨ, ਪਰ ਸੁਣ ਨਹੀਂ ਸਕਦੇ। ਉਨ੍ਹਾਂ ਦੇ ਨੱਕ ਤਾਂ ਹਨ, ਪਰ ਸੁੰਘ ਨਹੀਂ ਸਕਦੇ।
7 ਉਨ੍ਹਾਂ ਦੇ ਹੱਥ ਤਾਂ ਹਨ, ਪਰ ਮਹਿਸੂਸ ਨਹੀਂ ਕਰ ਸਕਦੇ। ਉਨ੍ਹਾਂ ਦੀਆਂ ਲੱਤਾਂ ਤਾਂ ਹਨ, ਪਰ ਚੱਲ ਨਹੀਂ ਸਕਦੀਆਂ ਅਤੇ ਉਨ੍ਹਾ ਦੇ ਗਲੇ ਵਿੱਚੋਂ ਕੋਈ ਅਵਾਜ਼ ਨਹੀਂ ਨਿਕਲ ਸਕਦੀ।
8 ਜਿਹੜੇ ਲੋਕ ਬਣਾਉਂਦੇ ਹਨ ਅਤੇ ਉਨ੍ਹਾਂ ਬੁੱਤਾਂ ਵਿੱਚ ਵਿਸ਼ਵਾਸ ਕਰਦੇ ਹਨ ਉਹ ਵੀ ਉਨ੍ਹਾਂ ਵਰਗੇ ਹੋ ਜਾਣਗੇ।
9 ਇਸਰਾਏਲ ਦੇ ਲੋਕੋ, ਯਹੋਵਾਹ ਉੱਤੇ ਵਿਸ਼ਵਾਸ ਕਰੋ। ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।
10 ਆਰੋਨ ਦੇ ਪਰਿਵਾਰ, ਯਹੋਵਾਹ ਉੱਤੇ ਵਿਸ਼ਵਾਸ ਕਰ। ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।
11 ਯਹੋਵਾਹ ਦੇ ਚੇਲਿਉ, ਯਹੋਵਾਹ ਉੱਤੇ ਵਿਸ਼ਵਾਸ ਕਰੋ। ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।
12 ਯਹੋਵਾਹ ਅਸਾਂ ਨੂੰ ਚੇਤੇ ਕਰਦਾ ਹੈ। ਯਹੋਵਾਹ ਅਸਾਂ ਨੂੰ ਅਸੀਸ ਦੇਵੇਗਾ। ਯਹੋਵਾਹ ਇਸਰਾਏਲ ਨੂੰ ਅਸੀਸ ਦੇਵੇਗਾ। ਯਹੋਵਾਹ ਆਰੋਨ ਦੇ ਪਰਿਵਾਰ ਨੂੰ ਅਸੀਸ ਦੇਵੇਗਾ।
13 ਯਹੋਵਾਹ ਆਪਣੇ ਚੇਲਿਆਂ ਨੂੰ ਛੋਟੇ ਅਤੇ ਵਡਿਆਂ ਨੂੰ ਅਸੀਸ ਦੇਵੇਗਾ।
14 ਮੈਨੂੰ ਆਸ ਹੈ ਕਿ ਯਹੋਵਾਹ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਹੋਰ ਵਧੇਰੇ ਦੇਵੇਗਾ।
15 ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਬਣਾਇਆ ਅਤੇ ਯਹੋਵਾਹ ਤੁਹਾਨੂੰ ਜੀ ਆਇਆ ਆਖਦਾ ਹੈ।
16 ਸਵਰਗ ਯਹੋਵਾਹ ਦਾ ਹੈ। ਪਰ ਉਸਨੇ ਲੋਕਾਂ ਨੂੰ ਧਰਤੀ ਦਿੱਤੀ।
17 ਮੁਰਦਾ ਲੋਕ ਯਹੋਵਾਹ ਦੀ ਉਸਤਤਿ ਨਹੀਂ ਕਰਦੇ। ਕਬਰਾਂ ਵਿੱਚ ਦਫ਼ਨ ਹੋਏ ਲੋਕ, ਯਹੋਵਾਹ ਦੀ ਉਸਤਤਿ ਨਹੀਂ ਕਰਦੇ।
18 ਪਰ ਹੁਣ ਅਸੀਂ ਯਹੋਵਾਹ ਨੂੰ ਅਸੀਸ ਦਿੰਦੇ ਹਾਂ। ਅਤੇ ਅਸੀਂ ਉਸ ਨੂੰ ਸਦਾ ਹੋਰ ਵਧੇਰੇ ਅਸੀਸ ਦੇਵਾਂਗੇ। ਯਹੋਵਾਹ ਦੀ ਉਸਤਤਿ ਕਰੋ!