ਜ਼ਬੂਰ
ਕਾਂਡ 20
1 ਯਹੋਵਾਹ ਤੁਹਾਡੀ ਬੇਨਤੀ ਸੁਣੇ ਅਤੇ ਜਵਾਬ ਦੇਵੇ, ਜਦੋਂ ਵੀ ਤੁਸੀਂ ਗੰਭੀਰ ਮੁਸੀਬਤਾਂ ਪਾਰ ਕਰਦੇ ਹੋਏ ਉਸਦੀ ਮਦਦ ਲਈ ਪੁਕਾਰ ਕਰੋ। ਯਾਕੂਬ ਦਾ ਪਰਮੇਸ਼ੁਰ ਤੁਹਾਡੀ ਰੱਖਿਆ ਕਰੇ।
2 ਕਾਸ਼ ਪਰਮੇਸ਼ੁਰ ਤੁਹਾਨੂੰ ਆਪਣੇ ਪਵਿੱਤਰ ਸਥਾਨ ਵਿੱਚੋਂ ਮਦਦ ਭੇਜੇ। ਉਹ ਸੀਯੋਨ ਤੋਂ ਤੁਹਾਡੀ ਸਹਾਇਤਾ ਕਰੇ।
3 ਯਹੋਵਾਹ ਉਨ੍ਹਾਂ ਸਾਰੀਆਂ ਸੁਗਾਤਾਂ ਨੂੰ ਚੇਤੇ ਰਖੇ ਜਿਹੜੀਆਂ ਤੁਸੀਂ ਭੇਟ ਕਰਦੇ ਹੋ ਅਤੇ ਤੁਹਾਡੀਆਂ ਸਾਰੀਆਂ ਬਲੀਆਂ ਪ੍ਰਵਾਨ ਕਰੇ।
4 ਪਰਮੇਸ਼ੁਰ ਤੁਹਾਨੂੰ ਉਹ ਸਭ ਕੁਝ ਦੇਵੇ ਜਿਸਦੀ ਸੱਚ ਮੁੱਚ ਤੁਸੀਂ ਇਛਾ ਕਰਦੇ ਹੋ। ਉਹ ਤੁਹਾਡੀਆਂ ਸਾਰੀਆਂ ਯੋਜਨਾਵਾਂ ਸਫ਼ਲ ਬਣਾਵੇ।
5 ਸਾਨੂੰ ਖੁਸ਼ੀ ਹੋਵੇਗੀ ਜਦੋਂ ਪਰਮੇਸ਼ੁਰ ਤੁਹਾਡਾ ਸਹਾਈ ਹੋਵੇਗਾ। ਆਉ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਕਰੀਏ। ਜੋ ਕੁਝ ਵੀ ਤੁਸੀਂ ਉਸਤੋਂ ਮੰਗੋ ਪਰਮੇਸ਼ੁਰ ਤੁਹਾਨੂੰ ਦੇਵੇ।
6 ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਆਪਣੇ ਚੁਣੇ ਹੋਏ ਰਾਜੇ ਦੀ ਮਦਦ ਕਰਦਾ ਹੈ। ਪਰਮੇਸ਼ੁਰ ਆਪਣੇ ਪਵਿੱਤਰ ਸਵਰਗ ਵਿੱਚ ਸੀ, ਅਤੇ ਉਸਨੇ ਆਪਣੇ ਚੁਣੇ ਹੋਏ ਰਾਜੇ ਦੀ ਪੁਕਾਰ ਸੁਣੀ। ਪਰਮੇਸ਼ੁਰ ਨੇ ਰਾਜੇ ਨੂੰ ਬਚਾਉਣ ਲਈ ਆਪਣੀ ਮਹਾਂ ਸ਼ਕਤੀ ਵਰਤੀ।
7 ਕੁਝ ਲੋਕੀਂ ਆਪਣੇ ਰਥਾਂ ਉੱਤੇ ਭਰੋਸਾ ਰਖਦੇ ਹਨ। ਦੂਜੇ ਲੋਕ ਆਪਣੇ ਫ਼ੌਜੀਆਂ ਉੱਤੇ ਭਰੋਸਾ ਕਰਦੇ ਹਨ। ਪਰ ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਯਾਦ ਰਖਦੇ ਹਾਂ।
8 ਉਹ ਦੂਸਰੇ ਲੋਕ ਹਾਰ ਗਏ ਸਨ - ਉਹ ਯੁਧ ਅੰਦਰ ਮਰ ਗਏ। ਪਰ ਅਸੀਂ ਜਿੱਤ ਪ੍ਰਾਪਤ ਕੀਤੀ ਸੀ। ਅਸੀਂ ਜੇਤੂ ਹਾਂ।
9 ਯਹੋਵਾਹ ਨੇ ਆਪਣੇ ਚੁਣੇ ਰਾਜੇ ਨੂੰ ਬਚਾਇਆ। ਪਰਮੇਸ਼ੁਰ ਦੇ ਚੁਣੇ ਰਾਜੇ ਨੇ ਸਹਾਇਤਾ ਲਈ ਪੁਕਾਰਿਆ ਸੀ, ਅਤੇ ਪਰਮੇਸ਼ੁਰ ਨੇ ਪੁਕਾਰ ਸੁਣੀ ਸੀ।